ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ! ਚੰਪਤ ਰਾਏ ਤੇ ਅਨਿਲ ਮਿਸ਼ਰਾ ਖ਼ਿਲਾਫ਼ FIR ਦੀ ਤਿਆਰੀ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਪ੍ਰਕਰਣ ਵਿੱਚ ਇੱਕ ਵੱਡਾ ਮੋੜ ਆਇਆ ਹੈ। ਅਯੁੱਧਿਆ ਬਾਰ ਐਸੋਸੀਏਸ਼ਨ ਨੇ ਇਸ ਮਾਮਲੇ ਵਿਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਦਾ ਫੈਸਲਾ ਕੀਤਾ ਹੈ।
ਅਯੁੱਧਿਆ : ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਪ੍ਰਕਰਣ ਵਿੱਚ ਇੱਕ ਵੱਡਾ ਮੋੜ ਆਇਆ ਹੈ। ਅਯੁੱਧਿਆ ਬਾਰ ਐਸੋਸੀਏਸ਼ਨ ਨੇ ਇਸ ਮਾਮਲੇ ਵਿਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ ਦਾ ਫੈਸਲਾ ਕੀਤਾ ਹੈ।

ਟਰੱਸਟ ਦੇ ਅਹੁਦੇਦਾਰਾਂ ਵਿਰੁੱਧ ਕਾਰਵਾਈ ਦੀ ਮੰਗ
ਬਾਰ ਐਸੋਸੀਏਸ਼ਨ ਵੱਲੋਂ ਅੱਜ ਥਾਣਾ ਰਾਮ ਜਨਮ ਭੂਮੀ ਵਿਖੇ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ, ਟਰੱਸਟੀ ਡਾ. ਅਨਿਲ ਮਿਸ਼ਰਾ ਅਤੇ ਮੰਦਰ ਨਿਰਮਾਣ ਇੰਚਾਰਜ ਗੋਪਾਲ ਰਾਓ ਦੇ ਖ਼ਿਲਾਫ਼ ਐੱਫ.ਆਈ.ਆਰ. (FIR) ਦਰਜ ਕਰਵਾਉਣ ਲਈ ਸ਼ਿਕਾਇਤ ਦਿੱਤੀ ਜਾਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਕਾਲਿਕਾ ਪ੍ਰਸਾਦ ਮਿਸ਼ਰਾ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਸ ਨੇ ਕਾਰਵਾਈ ਨਾ ਕੀਤੀ ਤਾਂ ਉਹ ਇਨਸਾਫ਼ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਵਕੀਲਾਂ ਵਿਚ ਭਾਰੀ ਰੋਸ ਹੈ ਤੇ ਉਹ ਨਿਰਪੱਖ ਤੇ ਪਾਰਦਰਸ਼ੀ ਜਾਂਚ ਦੀ ਮੰਗ ਕਰ ਰਹੇ ਹਨ।

ਜਾਂਚ ਵਿਚ ਹੋਏ ਨਵੇਂ ਖੁਲਾਸੇ
ਇਸ ਮਾਮਲੇ ਵਿਚ ਹੁਣ ਤੱਕ 8 ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਜਾਂਚ ਦੌਰਾਨ ਪੁਲਸ ਨੂੰ ਇੱਕ ਮੁਲਜ਼ਮ ਅਵਿਨਾਸ਼ ਸ਼ੁਕਲਾ ਦੇ ਯੋਗਾ ਕੇਂਦਰ ਤੋਂ 'ਰਾਮਰਾਜ ਕੋਸ਼' ਲਿਖਿਆ ਇੱਕ ਸੰਦੂਕ ਮਿਲਿਆ ਹੈ, ਜਿਸ 'ਤੇ ਇੱਕ QR ਕੋਡ ਵੀ ਲੱਗਾ ਹੋਇਆ ਸੀ। ਪੁਲਿਸ ਹੁਣ ਇਸ ਕੋਡ ਰਾਹੀਂ ਹੋਣ ਵਾਲੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਮੁਲਜ਼ਮ ਲਵਕੁਸ਼ ਮਿਸ਼ਰਾ ਅਤੇ ਕਰੁਣੇਸ਼ ਪਾਂਡੇ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ ਹੈ, ਜਿੱਥੋਂ ਕੁਝ ਅਹਿਮ ਦਸਤਾਵੇਜ਼ ਅਤੇ ਨਕਦੀ ਬਰਾਮਦ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

SIT ਦੀ ਜਾਂਚ ਲਈ ਵਧਿਆ ਸਮਾਂ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਜ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (SIT) ਨੂੰ ਆਪਣੀ ਰਿਪੋਰਟ ਸੌਂਪਣ ਲਈ 15 ਜੁਲਾਈ ਤੱਕ ਦਾ ਸਮਾਂ ਦਿੱਤਾ ਹੈ। SIT ਹੁਣ ਮੰਦਰ ਦੇ ਵਿੱਤੀ ਰਿਕਾਰਡ, ਪਿਛਲੇ ਸਾਲਾਂ ਦੀ ਆਡਿਟ ਰਿਪੋਰਟ ਅਤੇ ਦਾਨ ਵਿਚ ਮਿਲੇ ਗਹਿਣਿਆਂ ਦੇ ਰਿਕਾਰਡ ਦੀ ਬਾਰੀਕੀ ਨਾਲ ਸਮੀਖਿਆ ਕਰ ਰਹੀ ਹੈ। ਇਸ ਦੇ ਨਾਲ ਹੀ ਮੰਦਰ ਵਿਚ ਨੌਕਰੀਆਂ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹਨ ਕਿ ਪੁਲਸ ਬਾਰ ਐਸੋਸੀਏਸ਼ਨ ਦੀ ਸ਼ਿਕਾਇਤ 'ਤੇ ਟਰੱਸਟ ਦੇ ਅਹੁਦੇਦਾਰਾਂ ਵਿਰੁੱਧ ਕੀ ਕਾਰਵਾਈ ਕਰਦੀ ਹੈ।