ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ! ਕੱਲ੍ਹ ਤੋਂ ਪ੍ਰਕਿਰਿਆ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪ੍ਰਾਇਮਰੀ ਕੇਡਰ ਵਿੱਚ 2,000 ਪੀ.ਟੀ.ਆਈ. (PTI) ਅਧਿਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੀ ਪ੍ਰਕਿਰਿਆ 31 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸਰੀਰਕ ਸਿੱਖਿਆ ਭਰਤੀ ਦਾ ਇੰਤਜ਼ਾਰ ਕਰ ਰਹੇ ਉਮੀਦਵਾਰਾਂ ਲਈ ਇਹ ਇੱਕ ਸੁਨਹਿਰੀ ਮੌਕਾ ਹੈ।
ਚੰਡੀਗੜ੍ਹ : ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪ੍ਰਾਇਮਰੀ ਕੇਡਰ ਵਿੱਚ 2,000 ਪੀ.ਟੀ.ਆਈ. (PTI) ਅਧਿਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੀ ਪ੍ਰਕਿਰਿਆ 31 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸਰੀਰਕ ਸਿੱਖਿਆ ਭਰਤੀ ਦਾ ਇੰਤਜ਼ਾਰ ਕਰ ਰਹੇ ਉਮੀਦਵਾਰਾਂ ਲਈ ਇਹ ਇੱਕ ਸੁਨਹਿਰੀ ਮੌਕਾ ਹੈ।

ਭਰਤੀ ਲਈ ਸੰਭਾਵਿਤ ਨਿਯਮ ਅਤੇ ਯੋਗਤਾ
ਹਾਲਾਂਕਿ ਸਿੱਖਿਆ ਵਿਭਾਗ ਵੱਲੋਂ ਵਿਸਤ੍ਰਿਤ ਨਿਯਮ ਤੇ ਸ਼ਰਤਾਂ ਕੱਲ੍ਹ ਜਾਰੀ ਕੀਤੀਆਂ ਜਾਣਗੀਆਂ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਭਰਤੀ ਲਈ ਉਮੀਦਵਾਰ ਦਾ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਅਤੇ ਸਰੀਰਕ ਸਿੱਖਿਆ ਵਿੱਚ ਡੀ.ਪੀ.ਐਡ. (D.P.Ed.) ਜਾਂ ਸੀ.ਪੀ.ਐਡ. (C.P.Ed.) ਦੀ ਡਿਗਰੀ ਹੋਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ, ਦਸਵੀਂ ਪੱਧਰ 'ਤੇ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਹੈ। ਉਮਰ ਸੀਮਾ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ (ਸਧਾਰਨ ਵਰਗ ਲਈ) ਰੱਖੀ ਜਾ ਸਕਦੀ ਹੈ, ਜਦੋਂ ਕਿ ਰਾਖਵੇਂ ਵਰਗਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਛੋਟ ਮਿਲੇਗੀ।

ਪਾਰਦਰਸ਼ੀ ਚੋਣ ਪ੍ਰਕਿਰਿਆ ਦਾ ਦਾਅਵਾ
ਸਰਕਾਰ ਦਾ ਦਾਅਵਾ ਹੈ ਕਿ ਸਾਰੀਆਂ ਭਰਤੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਆਸੀ ਸਿਫਾਰਸ਼ ਦੇ, ਸਿਰਫ਼ ਮੈਰਿਟ ਦੇ ਆਧਾਰ 'ਤੇ ਕੀਤੀਆਂ ਜਾ ਰਹੀਆਂ ਹਨ। ਸਾਲ 2022 ਤੋਂ ਬਾਅਦ ਸੂਬੇ ਵਿੱਚ ਪੇਪਰ ਲੀਕ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਚੋਣ ਪ੍ਰਕਿਰਿਆ ਵਿੱਚ ਲਿਖਤੀ ਪ੍ਰੀਖਿਆ ਅਤੇ ਦਸਤਾਵੇਜ਼ਾਂ ਦੀ ਪੜਤਾਲ ਸ਼ਾਮਲ ਹੋ ਸਕਦੀ ਹੈ। ਕਿਸੇ ਵੀ ਕਿਸਮ ਦੀ ਦਿੱਕਤ ਆਉਣ 'ਤੇ ਉਮੀਦਵਾਰਾਂ ਦੀ ਸਹਾਇਤਾ ਲਈ ਵਿਭਾਗ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤਾ ਗਿਆ ਹੈ।

ਰੁਜ਼ਗਾਰ ਦੇ ਅੰਕੜੇ
ਸਰਕਾਰੀ ਅੰਕੜਿਆਂ ਅਨੁਸਾਰ, ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 67,037 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਭ ਤੋਂ ਵੱਧ 16,308 ਭਰਤੀਆਂ ਸਿੱਖਿਆ ਵਿਭਾਗ ਵਿੱਚ ਹੋਈਆਂ ਹਨ, ਜਦੋਂ ਕਿ ਪੰਜਾਬ ਪੁਲਿਸ ਵਿੱਚ 12,966 ਅਤੇ ਬਿਜਲੀ ਵਿਭਾਗ ਵਿੱਚ 8,765 ਤੋਂ ਵੱਧ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੁਜ਼ਗਾਰ ਦੇ ਕੇ ਵਿਦੇਸ਼ ਜਾਣ ਤੋਂ ਰੋਕਣਾ ਹੈ।