SGPC ਦੇ ਮੁਲਾਜ਼ਮਾਂ ਨੇ ਹੜ੍ਹ ਪੀੜਤਾਂ ਨੂੰ ਇਕ ਦਿਨ ਦੀ ਤਨਖ਼ਾਹ ਦੇਣ ਦਾ ਕੀਤਾ ਐਲਾਨ

ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਸੰਸਥਾ ਦੇ ਕਰਮਚਾਰੀ ਖੁਦ ਪੀੜਤਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਸੇਵਾਵਾਂ ਦੇ ਰਹੇ ਹਨ।

ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਕਾਰਨ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਦੇ ਮੱਦੇਨਜ਼ਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ।

ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਸੰਸਥਾ ਦੇ ਕਰਮਚਾਰੀ ਖੁਦ ਪੀੜਤਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮੇਂ 'ਤੇ ਆਈਆਂ ਕੁਦਰਤੀ ਆਫ਼ਤਾਂ ਦੌਰਾਨ, ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਖੁਦ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਕੇ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਹਰ ਵਾਰ ਲੋੜਵੰਦਾਂ ਦੀ ਤਨਖਾਹ ਨਾਲ ਮਦਦ ਵੀ ਕਰਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਕਈ ਦਿਨਾਂ ਤੋਂ ਸਾਡੇ ਮੁਲਾਜ਼ਮ ਆਪਣੀ ਪ੍ਰਵਾਹ ਕੀਤੇ ਬਿਨਾਂ ਪਾਣੀ ਵਿਚ ਘਿਰੇ ਲੋਕਾਂ ਤੱਕ ਪਹੁੰਚ ਕੇ ਸੰਸਥਾ ਵੱਲੋਂ ਲੋੜਵੰਦਾਂ ਦੀ ਮਦਦ ਕਰ ਰਹੇ ਹਨ। ਅੱਜ ਸਮੂਹ ਮੁਲਾਜ਼ਮਾਂ ਨੇ ਇਕੱਤਰਤਾ ਕਰਕੇ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਲਾਤ ਸੁਖਾਵੇਂ ਹੋਣ ਤੱਕ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।