ਲੁਧਿਆਣਾ ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਸ਼ੱਕੀ ਮੌਤ, ਮਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਏ ਲਾਪਰਵਾਹੀ ਦੇ ਦੋਸ਼

ਲੁਧਿਆਣਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਈ ਹੈ, ਜਿੱਥੇ ਇੱਕ 19 ਸਾਲਾ ਹਵਾਲਾਤੀ ਅਰਸ਼ਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਮਾਂ ਨੇ ਜੇਲ੍ਹ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉਸ ਦੇ ਪੁੱਤਰ ਦੀ ਮੌਤ ਬਿਮਾਰੀ ਕਾਰਨ ਨਹੀਂ, ਸਗੋਂ ਜੇਲ੍ਹ ਪ੍ਰਸ਼ਾਸਨ ਦੀ ਅਣਦੇਖੀ ਅਤੇ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਹੋਈ ਹੈ।
ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਈ ਹੈ, ਜਿੱਥੇ ਇੱਕ 19 ਸਾਲਾ ਹਵਾਲਾਤੀ ਅਰਸ਼ਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਮਾਂ ਨੇ ਜੇਲ੍ਹ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉਸ ਦੇ ਪੁੱਤਰ ਦੀ ਮੌਤ ਬਿਮਾਰੀ ਕਾਰਨ ਨਹੀਂ, ਸਗੋਂ ਜੇਲ੍ਹ ਪ੍ਰਸ਼ਾਸਨ ਦੀ ਅਣਦੇਖੀ ਅਤੇ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਹੋਈ ਹੈ।

ਪਟਿਆਲਾ ਦੇ ਸੁਲਰ ਘਰਾਟ (ਝੁੰਗੋਪੱਤੀ) ਦਾ ਰਹਿਣ ਵਾਲਾ ਅਰਸ਼ਦੀਪ ਸਿੰਘ ਥਾਣਾ ਦਾਖਾ ਵਿੱਚ 22 ਮਾਰਚ 2026 ਨੂੰ ਦਰਜ ਹੋਏ ਇੱਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਸੀ। ਉਸ ਦੇ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 137(2), 64 ਅਤੇ ਪੋਕਸੋ (POCSO) ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਸੀ।

ਮ੍ਰਿਤਕ ਦੀ ਮਾਂ ਸਰਬਜੀਤ ਕੌਰ ਅਨੁਸਾਰ, 3 ਜੁਲਾਈ 2026 ਨੂੰ ਜੇਲ੍ਹ ਵਿੱਚ ਅਰਸ਼ਦੀਪ ਦੀ ਤਬੀਅਤ ਅਚਾਨਕ ਵਿਗੜ ਗਈ ਸੀ। ਹਾਲਤ ਗੰਭੀਰ ਹੋਣ 'ਤੇ ਉਸ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸੇ ਦਿਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 4 ਜੁਲਾਈ ਨੂੰ ਇਲਾਕਾ ਮੈਜਿਸਟਰੇਟ ਦੀ ਨਿਗਰਾਨੀ ਹੇਠ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।

ਸਰਬਜੀਤ ਕੌਰ ਨੇ ਰੋਂਦਿਆਂ ਦੱਸਿਆ ਕਿ ਜੇਕਰ ਉਸ ਦੇ ਪੁੱਤਰ ਨੂੰ ਜੇਲ੍ਹ ਦੇ ਅੰਦਰ ਹੀ ਸਮੇਂ ਸਿਰ ਬਿਹਤਰ ਡਾਕਟਰੀ ਸਹੂਲਤਾਂ ਮਿਲ ਜਾਂਦੀਆਂ, ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਨੇ ਜਾਣਬੁੱਝ ਕੇ ਦੇਰੀ ਕੀਤੀ।

ਇਨ੍ਹਾਂ ਦੋਸ਼ਾਂ ਦੇ ਆਧਾਰ 'ਤੇ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ-7 ਵਿੱਚ ਅਣਪਛਾਤਿਆਂ ਖ਼ਿਲਾਫ਼ ਬੀ.ਐਨ.ਐਸ. (BNS) ਦੀ ਧਾਰਾ 106(1) ਅਤੇ 3(5) ਤਹਿਤ ਐਫ.ਆਈ.ਆਰ. ਨੰਬਰ 173 ਦਰਜ ਕਰ ਲਈ ਗਈ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ (SI) ਦਿਨੇਸ਼ ਕੁਮਾਰ ਨੂੰ ਸੌਂਪੀ ਗਈ ਹੈ, ਜੋ ਇਹ ਪਤਾ ਲਗਾਉਣਗੇ ਕਿ ਕੀ ਵਾਕਈ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਲਾਪਰਵਾਹੀ ਹੋਈ ਹੈ ਜਾਂ ਨਹੀਂ।