ਪੰਜਾਬ 'ਚ ਭਿਆਨਕ ਗਰਮੀ ਦਾ ਕਹਿਰ! 8 ਜ਼ਿਲ੍ਹਿਆਂ 'ਚ ਹੀਟਵੇਵ ਦਾ ਅਲਰਟ

ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਸੋਮਵਾਰ (9 ਜੂਨ) ਨੂੰ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਹੀਟਵੇਵ (ਲੂ) ਦੀ ਚੇਤਾਵਨੀ ਜਾਰੀ ਕਰਦਿਆਂ ਯੈਲੋ ਅਲਰਟ ਐਲਾਨ ਕੀਤਾ ਹੈ।
ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਸੋਮਵਾਰ (9 ਜੂਨ) ਨੂੰ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਹੀਟਵੇਵ (ਲੂ) ਦੀ ਚੇਤਾਵਨੀ ਜਾਰੀ ਕਰਦਿਆਂ ਯੈਲੋ ਅਲਰਟ ਐਲਾਨ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ—ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਤੇ ਸੰਗਰੂਰ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 44 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਤਾਪਮਾਨ 'ਚ ਵਾਧਾ ਤੇ ਬਿਜਲੀ ਦੀ ਮੰਗ
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 2.3 ਡਿਗਰੀ ਸੈਲਸੀਅਸ ਜ਼ਿਆਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ ਦਾ ਤਾਪਮਾਨ 41.0 ਡਿਗਰੀ ਰਿਹਾ। ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵੀ ਅਸਮਾਨੀ ਚੜ੍ਹ ਗਈ ਹੈ ਅਤੇ ਸੋਮਵਾਰ ਨੂੰ ਇਹ 14,203 ਮੈਗਾਵਾਟ ਤੱਕ ਪਹੁੰਚ ਗਈ।

ਸਰਕਾਰੀ ਦਫ਼ਤਰਾਂ ਦੇ ਸਮੇਂ 'ਚ ਬਦਲਾਅ
ਵਧਦੀ ਗਰਮੀ ਤੇ ਬਿਜਲੀ ਦੀ ਬਚਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ 15 ਜੁਲਾਈ ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰ ਦਿੱਤਾ ਹੈ। ਸਕੂਲਾਂ 'ਚ ਵੀ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ ਤੇ ਰਾਹਤ ਦੀ ਉਮੀਦ
ਮੌਸਮ ਵਿਭਾਗ ਅਨੁਸਾਰ 10 ਜੂਨ ਨੂੰ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਰਹੇਗਾ। ਹਾਲਾਂਕਿ, 11 ਜੂਨ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। 12 ਜੂਨ ਨੂੰ ਸਾਰੇ ਜ਼ਿਲ੍ਹਿਆਂ 'ਚ ਮੀਂਹ, ਹਨੇਰੀ ਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ 'ਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। 13 ਤੇ 14 ਜੂਨ ਨੂੰ ਵੀ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ 'ਚ ਮਾਨਸੂਨ ਦੇ 30 ਜੂਨ ਦੇ ਆਸ-ਪਾਸ ਪਹੁੰਚਣ ਦੀ ਸੰਭਾਵਨਾ ਹੈ। ਕੇਂਦਰੀ ਪੰਜਾਬ (ਲੁਧਿਆਣਾ, ਜਲੰਧਰ) ਵਿੱਚ ਮਾਨਸੂਨ 5 ਜੁਲਾਈ ਅਤੇ ਉੱਤਰੀ ਪੰਜਾਬ (ਅੰਮ੍ਰਿਤਸਰ, ਗੁਰਦਾਸਪੁਰ) 'ਚ 8 ਜੁਲਾਈ ਦੇ ਕਰੀਬ ਪਹੁੰਚ ਸਕਦਾ ਹੈ।