ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੇਰ ਰਾਤ ਘਰ ਅੰਦਰ ਵੜ ਕੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

CCTV ਵਿੱਚ ਕੈਦ ਹੋਏ ਕੰਧਾਂ ਟੱਪ ਕੇ ਆਏ 6 ਅਣਪਛਾਤੇ ਹਮਲਾਵਰ
ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਮੰਗਲਵਾਰ ਰਾਤ 2 ਵਜੇ ਦੇ ਕਰੀਬ ਇੱਕ ਭਿਆਨਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਇੱਕ ਘਰ ਵਿੱਚ ਵੜ ਕੇ ਪਰਿਵਾਰ ਦੇ ਮੈਂਬਰਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਵਾਰਦਾਤ ਸ਼ਹਿਰ ਦੇ ਅਲਾਵਲਪੁਰ ਇਲਾਕੇ ਵਿੱਚ ਵਾਪਰੀ। ਇਸ ਹਮਲੇ ਵਿੱਚ ਪਰਿਵਾਰ ਦੇ 4 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੀੜਤਾਂ ਦੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੇ ਦੱਸਿਆ ਕਿ ਤੜਕੇ ਲਗਭਗ 2 ਵਜੇ, ਹਥਿਆਰਾਂ ਨਾਲ ਲੈਸ 6 ਅਣਪਛਾਤੇ ਹਮਲਾਵਰ ਮੋਹੱਲਾ ਰਾਮਗੜ੍ਹੀਆ ਸਥਿਤ ਪਰਮਜੀਤ ਅਤੇ ਉਨ੍ਹਾਂ ਦੇ ਬੇਟੇ ਹਰਿਦਾਸ ਦੇ ਘਰ ਦੀਆਂ ਦੀਵਾਰਾਂ ਟੱਪ ਕੇ ਅੰਦਰ ਦਾਖਲ ਹੋਏ।ਜਦੋਂ ਪਰਿਵਾਰਕ ਮੈਂਬਰ ਅਚਾਨਕ ਆਈ ਆਵਾਜ਼ ਸੁਣ ਕੇ ਜਾਗੇ ਅਤੇ ਦੇਖਣ ਲਈ ਉੱਠੇ, ਤਾਂ ਹਮਲਾਵਰਾਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।

ਹਮਲਾਵਰਾਂ ਦੀ ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ। ਫੁਟੇਜ ਵਿੱਚ ਹਮਲਾਵਰਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਦਿਖਾਈ ਦੇ ਰਹੇ ਹਨ। ਪਰਿਵਾਰ ਦੇ ਚੀਕ-ਚਿਹਾੜੇ ਦੀਆਂ ਆਵਾਜ਼ਾਂ ਸੁਣ ਕੇ ਗੁਆਂਢੀ ਵੀ ਉਨ੍ਹਾਂ ਦੇ ਘਰ ਪਹੁੰਚ ਗਏ। ਗੁਆਂਢੀਆਂ ਦੇ ਆਉਣ ਤੱਕ, ਹਮਲਾਵਰ ਮੌਕੇ ਤੋਂ ਫਰਾਰ ਹੋ ਚੁੱਕੇ ਸਨ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਰਫ਼ 10 ਮਿੰਟਾਂ ਵਿੱਚ ਹੀ ਅਣਪਛਾਤੇ ਹਮਲਾਵਰਾਂ ਨੇ ਘਰ ਦੇ ਮੁਖੀ ਪਰਮਜੀਤ, ਉਨ੍ਹਾਂ ਦੀ ਪਤਨੀ ਰਾਜਿੰਦਰ ਕੌਰ, ਅਤੇ ਦੋ ਪੁੱਤਰਾਂ ਗੌਰਵ ਕੁਮਾਰ ਤੇ ਵਿੱਕੀ ਕੁਮਾਰ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਜ਼ਖਮੀਆਂ ਨੂੰ ਗੁਆਂਢੀਆਂ ਦੀ ਮਦਦ ਨਾਲ ਆਦਮਪੁਰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ, ਰਾਜਿੰਦਰ ਕੌਰ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਲਾਵਲਪੁਰ ਪੁਲਿਸ ਚੌਕੀ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪੁਲਿਸ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਪਰ ਫਿਲਹਾਲ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਅਨੁਸਾਰ, ਇਹ ਮਾਮਲਾ ਨਿੱਜੀ ਰੰਜਿਸ਼ ਦਾ ਹੋ ਸਕਦਾ ਹੈ, ਅਤੇ ਹਮਲਾਵਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਰਾਤ ਦੀ ਵਾਰਦਾਤ ਕਾਰਨ ਇਲਾਕਾ ਨਿਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।