ਪੰਜਾਬ 'ਚ ਮੌਸਮ ਨੇ ਲਈ ਕਰਵਟ! 10 ਜ਼ਿਲ੍ਹਿਆਂ 'ਚ ਤੇਜ਼ ਹਨੇਰੀ ਤੇ ਬਿਜਲੀ ਦਾ ਅਲਰਟ

ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਮਿਜ਼ਾਜ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸੂਬੇ ਦੇ 10 ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਚੱਲਣ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਨ੍ਹਾਂ ਇਲਾਕਿਆਂ ਵਿਚ ਹਵਾ ਦੀ ਰਫ਼ਤਾਰ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।
ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਮਿਜ਼ਾਜ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸੂਬੇ ਦੇ 10 ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਚੱਲਣ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਨ੍ਹਾਂ ਇਲਾਕਿਆਂ ਵਿਚ ਹਵਾ ਦੀ ਰਫ਼ਤਾਰ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।

ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਈ ਚਿਤਾਵਨੀ
ਮੌਸਮ ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿਚ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ। ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਮੀਂਹ ਪੈਣਾ ਸ਼ੁਰੂ ਹੋ ਚੁੱਕਾ ਹੈ, ਜਦਕਿ ਜਲੰਧਰ ਸਮੇਤ ਕਈ ਹੋਰ ਥਾਵਾਂ 'ਤੇ ਬੱਦਲਵਾਈ ਛਾਈ ਹੋਈ ਹੈ।

ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਸਲਾਹ
ਖਰਾਬ ਮੌਸਮ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੋਕਾਂ ਨੂੰ ਖੁੱਲ੍ਹੇ ਸਥਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਲੋਕਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਸ਼ਰਨ ਲੈਣੀ ਚਾਹੀਦੀ ਹੈ।

18 ਜੂਨ ਤੋਂ ਸਰਗਰਮ ਹੋਵੇਗੀ ਪੱਛਮੀ ਗੜਬੜੀ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, 18 ਜੂਨ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਨਾਲ 19 ਜੂਨ ਨੂੰ ਕਈ ਇਲਾਕਿਆਂ ਵਿਚ ਮੀਂਹ ਪੈਣ ਦੇ ਆਸਾਰ ਹਨ, ਜਦਕਿ 20 ਅਤੇ 21 ਜੂਨ ਨੂੰ ਵੀ ਕੁਝ ਥਾਵਾਂ 'ਤੇ ਬੂੰਦਾਬਾਂਦੀ ਹੋ ਸਕਦੀ ਹੈ। ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ।

ਤਾਪਮਾਨ 'ਚ ਹੋਵੇਗਾ ਵਾਧਾ
ਮੀਂਹ ਦੀਆਂ ਸੰਭਾਵਨਾਵਾਂ ਦੇ ਵਿਚਕਾਰ, ਅਗਲੇ ਚਾਰ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦਾ ਹੌਲੀ-ਹੌਲੀ ਵਾਧਾ ਹੋ ਸਕਦਾ ਹੈ। ਇਸ ਤੋਂ ਬਾਅਦ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਹੋਣ ਦੀ ਉਮੀਦ ਨਹੀਂ ਹੈ।