ਨੌਜਵਾਨ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਦਿੱਤੀ ਜਾਨ, ਪਰਿਵਾਰ ਬੋਲਿਆ-ਕੁਝ ਲੋਕਾਂ ਨੇ ਬੇਰਹਿਮੀ ਨਾਲ ਕੁੱਟਿਆ

ਜਲੰਧਰ ਦੇ ਸ਼ਿਵ ਨਗਰ ਇਲਾਕੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਸ਼ੁੱਕਰਵਾਰ ਦੇਰ ਰਾਤ ਟ੍ਰੇਨ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨੀਤੀਸ਼ ਕੁਮਾਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਜਮ੍ਹਾ ਹੋ ਗਈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਜਲੰਧਰ : ਜਲੰਧਰ ਦੇ ਸ਼ਿਵ ਨਗਰ ਇਲਾਕੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਸ਼ੁੱਕਰਵਾਰ ਦੇਰ ਰਾਤ ਟ੍ਰੇਨ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨੀਤੀਸ਼ ਕੁਮਾਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਜਮ੍ਹਾ ਹੋ ਗਈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨੀਤੀਸ਼ ਦੀ ਮੌਤ ਲਈ ਕੁਝ ਸਥਾਨਕ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦੇ ਭਰਾ (ਮਾਸੀ ਦੇ ਪੁੱਤਰ) ਨੇ ਇਲਜ਼ਾਮ ਲਗਾਇਆ ਹੈ ਕਿ ਨੀਤੀਸ਼ ਦਾ ਕੁਝ ਲੋਕਾਂ ਨਾਲ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਦੋ ਮਹਿਲਾਵਾਂ ਸਮੇਤ ਤਿੰਨ ਲੋਕਾਂ ਨੇ ਮਿਲ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਲਜ਼ਾਮ ਹੈ ਕਿ ਕੁੱਟਮਾਰ ਇੰਨੀ ਜ਼ਿਆਦਾ ਸੀ ਕਿ ਨੀਤੀਸ਼ ਦੀ ਟੀ-ਸ਼ਰਟ ਤੱਕ ਪਾੜ ਦਿੱਤੀ ਗਈ। ਪਰਿਵਾਰ ਅਨੁਸਾਰ ਨੀਤੀਸ਼ ਬੇਹੱਦ ਸਿੱਧਾ-ਸਾਧਾ ਸੀ ਅਤੇ ਇਲਾਕੇ ਵਿੱਚ ਕਥਿਤ ਤੌਰ 'ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਉਸ ਨੂੰ ਪ੍ਰੇਸ਼ਾਨ ਕਰ ਰਹੇ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਹਸਪਤਾਲ ਭੇਜ ਦਿੱਤਾ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸਬੰਧਤ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਦੂਜੇ ਪਾਸੇ, ਪੀੜਤ ਪਰਿਵਾਰ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਪੁਲਿਸ ਦੋਸ਼ੀਆਂ ਖਿਲਾਫ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਨਹੀਂ ਕਰਦੀ, ਉਹ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

ਨੀਤੀਸ਼ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਅਤੇ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਨੀਤੀਸ਼ ਆਪਣੇ ਪਿੱਛੇ ਚਾਰ ਸਾਲ ਦਾ ਮਾਸੂਮ ਬੇਟਾ ਛੱਡ ਗਿਆ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਇਨਸਾਫ ਦੀ ਗੁਹਾਰ ਲਗਾਈ ਹੈ।