ਵਿਜੀਲੈਂਸ ਬਿਊਰੋ ਨੇ ASI ਨੂੰ 33,500 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ASI ਨੂੰ 33,500 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ
ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਸਟੇਸ਼ਨ ਜੈਤੋ ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ASI ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ASI ਨੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਬੇਨਤੀ ਕਰਨ 'ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਪਹਿਲੀ ਕਿਸ਼ਤ ਰਿਸ਼ਵਤ ਵਜੋਂ ਲਈ।

ਮੁਲਜ਼ਮ ASI ਨੇ ਰਿਸ਼ਵਤ ਦੀ ਦੂਜੀ ਕਿਸ਼ਤ ਸ਼ਿਕਾਇਤਕਰਤਾ ਤੋਂ 40,000 ਰੁਪਏ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ 
ਰਿਕਾਰਡ ਕਰ ਲਈ ਸੀ।

ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ASI ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 33,500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।