ਪੰਜਾਬ ਤੇ ਚੰਡੀਗੜ੍ਹ 'ਚ 5 ਅਗਸਤ ਤੱਕ ਮੌਸਮ ਵਿਭਾਗ ਦਾ ਅਲਰਟ, ਅੱਜ ਕਈ ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨਾਂ ਤੱਕ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਦਰਮਿਆਨੇ ਤੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨਾਂ ਤੱਕ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਦਰਮਿਆਨੇ ਤੋਂ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦੋਂ ਕਿ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਲੁਧਿਆਣਾ ਵਿੱਚ 24 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਮੌਸਮ ਸਾਫ਼ ਰਿਹਾ ਅਤੇ ਧੁੱਪ ਨਿਕਲੀ ਰਹੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1 ਡਿਗਰੀ ਵੱਧ ਹੈ।

ਮਾਨਸੂਨ ਦੀ ਸਥਿਤੀ ਅਤੇ ਭਵਿੱਖਬਾਣੀ
ਮੌਸਮ ਵਿਭਾਗ ਅਨੁਸਾਰ, 6 ਅਗਸਤ ਤੋਂ ਮੀਂਹ ਦੀਆਂ ਗਤੀਵਿਧੀਆਂ ਵਿੱਚ ਕਮੀ ਆਉਣ ਦੇ ਸੰਕੇਤ ਹਨ। ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 337.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 21.3 ਫੀਸਦੀ ਘੱਟ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਿਸ਼ ਨਾਲ ਇਸ ਕਮੀ ਵਿੱਚ ਸੁਧਾਰ ਹੋਣ ਦੀ ਉਮੀਦ ਜਤਾਈ ਗਈ ਹੈ। ਅਗਲੇ ਪੰਜ ਦਿਨਾਂ ਵਿੱਚ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 23 ਤੋਂ 24 ਡਿਗਰੀ ਸੈਲਸੀਅਸ ਦੇ ਆਲੇ-ਪਾਸੇ ਰਹਿਣ ਦੀ ਸੰਭਾਵਨਾ ਹੈ।

ਲੋਕਾਂ ਲਈ ਵਿਸ਼ੇਸ਼ ਐਡਵਾਈਜ਼ਰੀ
ਮੌਸਮ ਵਿਭਾਗ ਨੇ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਰੀ ਮੀਂਹ ਅਤੇ ਬਿਜਲੀ ਚਮਕਣ ਦੌਰਾਨ ਖੁੱਲ੍ਹੇ ਸਥਾਨਾਂ 'ਤੇ ਜਾਣ ਤੋਂ ਬਚਣ। ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਨੀਵੇਂ ਇਲਾਕਿਆਂ ਵਿੱਚ ਜਲ-ਥਲ ਦੀ ਸਥਿਤੀ ਬਣ ਸਕਦੀ ਹੈ, ਇਸ ਲਈ ਲੋਕਾਂ ਨੂੰ ਸਿਰਫ਼ ਜ਼ਰੂਰੀ ਹੋਣ 'ਤੇ ਹੀ ਯਾਤਰਾ ਕਰਨ ਅਤੇ ਮੌਸਮ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।