ਐਕਸ਼ਨ ਮੋਡ ‘ਚ ਪੰਜਾਬ ਸਰਕਾਰ, ਭਾਖੜਾ ਪਾਣੀ ਮਾਮਲੇ ‘ਚ 5 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ‘ਤੇ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ, ਜਿਸ ਵਿੱਚ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ BBMB ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਦੇ ਮੁੱਦੇ ‘ਤੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਇਸ ਇਜਲਾਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਨੂੰ ਲੈ ਕੇ ਗੰਭੀਰ ਵਿਚਾਰ-ਚਰਚਾ ਹੋਵੇਗੀ ਅਤੇ ਠੋਸ ਕਦਮ ਚੁੱਕਣ ਬਾਰੇ ਫੈਸਲੇ ਕੀਤੇ ਜਾਣਗੇ।
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ‘ਤੇ ਸੂਬੇ ਦੇ ਕੁਦਰਤੀ ਸਰੋਤਾਂ ਨਾਲ ਵਿਸ਼ਵਾਸਘਾਤ ਅਤੇ ਸ਼ੋਸ਼ਣ ਦੇ ਦੋਸ਼ ਲਾਉਂਦੇ ਹੋਏ ਇਸ ਦੀ ਕੜੀ ਨਿੰਦਾ ਕੀਤੀ। ਉਨ੍ਹਾਂ ਭਾਜਪਾ ਆਗੂਆਂ — ਜਿਵੇਂ ਕਿ ਸੁਨੀਲ ਜਾਖੜ, ਰਵਨੀਤ ਬਿੱਟੂ, ਤਰੁਣ ਚੁੱਘ ਅਤੇ ਕੈਪਟਨ ਅਮਰਿੰਦਰ ਸਿੰਘ — ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੀ ਭਲਾਈ ਜਾਂ ਭਾਜਪਾ ਪ੍ਰਤੀ ਆਪਣੀ ਵਫ਼ਾਦਾਰੀ ‘ਚੋਂ ਇਕ ਚੋਣ ਕਰਨ।