ਜਨਵਰੀ ਦੇ ਪਹਿਲੇ ਹਫ਼ਤੇ ਵੱਡਾ ਫੈਸਲਾ ਲੈ ਸਕਦੀ ਹੈ ਪੰਜਾਬ ਸਰਕਾਰ, ਕੈਬਿਨੇਟ ਮੀਟਿੰਗ ‘ਚ ਲੱਗੇਗੀ ਮੋਹਰ
ਪੰਜਾਬ ਸਰਕਾਰ ਜਨਵਰੀ ਦੇ ਪਹਿਲੇ ਹਫ਼ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਵਿੱਚ ਹੈ। ਸੂਤਰਾਂ ਦੇ ਅਨੁਸਾਰ, ਇਸ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਖੇਤੀ ਮੰਡੀਕਰਨ ਨੀਤੀ ਦੇ ਖਰੜੇ ’ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਪਹਿਲਾਂ ਹੀ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਗੱਲਬਾਤ ਕਰ ਚੁੱਕੇ ਹਨ, ਜਿੱਥੇ ਖੇਤੀ ਮੰਡੀਕਰਨ ਖਰੜੇ ਨੂੰ ਰੱਦ ਕਰਨ ਦੀ ਮੰਗ ਹੋਈ ਸੀ। ਸਰਕਾਰ ਇਸ ਮਾਮਲੇ ਵਿੱਚ ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਨੀਤੀ ਦੇ ਖਰੜੇ ਨੂੰ ਰੱਦ ਕਰਨ ਅਤੇ ਪ੍ਰਸਤਾਵ ਕੇਂਦਰ ਨੂੰ ਭੇਜਣ ਦਾ ਮਨ ਬਣਾ ਰਹੀ ਹੈ।
ਇਸ ਬਾਰੇ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਪਸੀ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਵਿਦੇਸ਼ ਦੌਰੇ ’ਤੇ ਹਨ ਅਤੇ 28 ਜਾਂ 29 ਦਸੰਬਰ ਨੂੰ ਮੁੜ ਆਉਣ ਦੀ ਉਮੀਦ ਹੈ। ਉਨ੍ਹਾਂ ਦੀ ਵਾਪਸੀ ਤੋਂ ਬਾਅਦ 30 ਜਾਂ 31 ਦਸੰਬਰ ਨੂੰ ਕੈਬਿਨੇਟ ਮੀਟਿੰਗ ਕਰਕੇ ਵਿਸ਼ੇਸ਼ ਇਜਲਾਸ ਬੁਲਾਉਣ ਦੇ ਫੈਸਲੇ ’ਤੇ ਮੋਹਰ ਲਗ ਸਕਦੀ ਹੈ।
ਨਵੀਂ ਖੇਤੀ ਨੀਤੀ ’ਤੇ ਵੀ ਚਰਚਾ ਸੰਭਾਵਿਤ
ਇਸ ਇਜਲਾਸ ਦੌਰਾਨ ਪੰਜਾਬ ਸਰਕਾਰ ਨਵੀਂ ਖੇਤੀ ਨੀਤੀ ’ਤੇ ਵੀ ਗੱਲਬਾਤ ਕਰ ਸਕਦੀ ਹੈ। ਫ਼ਸਲਾਂ ਦੇ ਐੱਮਐੱਸਪੀ ’ਤੇ ਗਾਰੰਟੀ ਕਾਨੂੰਨ ਦੀ ਮੰਗ ਲਈ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਕਾਰਨ ਸਰਕਾਰ ਉਤੇ ਦਬਾਅ ਹੈ। ਇਸ ਸਬੰਧ ’ਚ ਅਮਨ ਅਰੋੜਾ ਦੀ ਅਗਵਾਈ ਹੇਠ ਮੰਤਰੀਆਂ ਅਤੇ ਵਿਧਾਇਕਾਂ ਨੇ ਡੱਲੇਵਾਲ ਨਾਲ ਗੱਲਬਾਤ ਕੀਤੀ, ਪਰ ਉਹਨਾਂ ਨੇ ਸਰਕਾਰ ਦੀ ਅਪੀਲ ਨੂੰ ਅਸਵੀਕਾਰ ਕਰ ਦਿੱਤਾ।
ਇਸ ਤਰ੍ਹਾਂ, ਜਨਵਰੀ ਦੇ ਪਹਿਲੇ ਹਫ਼ਤੇ ’ਚ ਸਿਆਸੀ ਮਾਹੌਲ ਗਰਮ ਰਹਿਣ ਦੀ ਉਮੀਦ ਹੈ।