ਪੰਜਾਬ ਹਾਈ ਅਲਰਟ ’ਤੇ, ਪੁਲਸ ਨੂੰ ਸਖ਼ਤ ਹਦਾਇਤਾਂ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਗਣਤੰਤਰ ਦਿਵਸ-2025 ਦੇ ਸ਼ਾਂਤੀਪੂਰਨ ਸਮਾਗਮਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿਚ ਸੁਰੱਖਿਆ ਵਿਵਸਥਾ ਵਧਾਈ ਗਈ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਸ ਦੀ ਮੌਜੂਦਗੀ ਵਧਾਉਣ, ਨਾਈਟ ਡੋਮੀਨੇਸ਼ਨ ਮੁਹਿੰਮ ਤੇਜ਼ ਕਰਨ ਅਤੇ ਸੰਵੇਦਨਸ਼ੀਲ ਖੇਤਰਾਂ ਵਿਚ ਵਾਧੂ ਪੁਲਸ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਡੀ. ਜੀ. ਪੀ. ਨੇ ਵਿਸ਼ੇਸ਼ ਡੀ. ਜੀ. ਪੀ. ਆਰ. ਐੱਨ. ਢੋਕੇ, ਏ. ਡੀ. ਜੀ. ਪੀ. ਨੀਲਾਭ ਕਿਸ਼ੋਰ ਅਤੇ ਪ੍ਰਮੋਦ ਬਾਨ ਦੇ ਨਾਲ ਅੰਮ੍ਰਿਤਸਰ, ਜਲੰਧਰ ਅਤੇ ਸਰਹੱਦੀ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਮਿਸ਼ਨਰੇਟ ਅਤੇ ਰੇਂਜ ਅਧਿਕਾਰੀਆਂ ਨਾਲ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਕੀਤੀ।
ਅੱਤਵਾਦ, ਨਸ਼ੇ ਅਤੇ ਅਪਰਾਧ ਖ਼ਿਲਾਫ਼ ਕਾਰਵਾਈ ’ਤੇ ਜ਼ੋਰ
ਬੈਠਕਾਂ ਵਿੱਚ ਅੱਤਵਾਦ ਵਿਰੋਧੀ ਮੁਹਿੰਮਾਂ, ਨਸ਼ਿਆਂ ਦੀ ਸਮੱਗਲਿੰਗ ਅਤੇ ਸੰਗਠਿਤ ਅਪਰਾਧ ਦੇ ਮਾਮਲਿਆਂ ਦੀ ਗਹਿਰਾਈ ਨਾਲ ਸਮੀਖਿਆ ਕੀਤੀ ਗਈ। ਸੁਰੱਖਿਆ ਮਜ਼ਬੂਤ ਕਰਨ ਲਈ ਪੁਲਸ ਨੂੰ ਲਗਾਤਾਰ ਗਸ਼ਤ, ਖ਼ਾਸ ਤੌਰ ’ਤੇ ਰਾਤ ਦੇ ਸਮੇਂ, ਕਰਨ ਲਈ ਕਿਹਾ ਗਿਆ।
ਹਾਈ ਅਲਰਟ ‘ਤੇ ਸਰਹੱਦੀ ਖੇਤਰ
ਸਾਰੇ ਸੰਵੇਦਨਸ਼ੀਲ ਖੇਤਰਾਂ ਵਿਚ ਸੁਰੱਖਿਆ ਵਧਾਉਣ ਲਈ ਵਾਧੂ ਫੋਰਸ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਹਨ। ਗਣਤੰਤਰ ਦਿਵਸ ਸਮਾਗਮਾਂ ਤੋਂ ਪਹਿਲਾਂ ਸਾਰੀਆਂ ਅਹਿਮ ਥਾਵਾਂ ’ਤੇ ਪੁਲਸ ਦੀ ਮਜਬੂਤ ਮੌਜੂਦਗੀ ਯਕੀਨੀ ਬਣਾਈ ਜਾਵੇਗੀ।